View Details << Back    

Anti Defection Law: ਦਲ-ਬਦਲੀ ਵਿਰੋਧੀ ਕਾਨੂੰਨ ਵਿੱਚ ਸੁਧਾਰਾਂ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ

  
  
Share
  Anti Defection Law: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਿਵਸਥਾ ਵਿੱਚ ਵੱਡੇ ਪੱਧਰ ’ਤੇ ਸੁਧਾਰ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਕੇਂਦਰ ਸਰਕਾਰ, ਚੋਣ ਕਮਿਸ਼ਨ ਅਤੇ ਕਾਨੂੰਨ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਇਸ ਜਨਹਿੱਤ ਪਟੀਸ਼ਨ ਵਿੱਚ ਚੁਣੇ ਹੋਏ ਜਨ ਪ੍ਰਤੀਨਿਧੀਆਂ ਵੱਲੋਂ ਦਿੱਤੇ ਜਾਂਦੇ ਅਸਤੀਫ਼ਿਆਂ ਦੀ ਕਥਿਤ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਸਤੀਫ਼ਿਆਂ ਦੀ ਵਰਤੋਂ ਅਯੋਗ ਠਹਿਰਾਏ ਜਾਣ ਦੀ ਕਾਰਵਾਈ ਤੋਂ ਬਚਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਦੇ ਭਵਿੱਖ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਸਕਦੀ ਹੈ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਚੋਣ ਕਮਿਸ਼ਨ ਅਤੇ ਕਾਨੂੰਨ ਕਮਿਸ਼ਨ ਤੋਂ ਇਲਾਵਾ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਇਹ ਪਟੀਸ਼ਨ ਏ. ਸੇਤੂ ਵੱਲੋਂ ਦਾਇਰ ਕੀਤੀ ਗਈ ਹੈ। ਵਕੀਲ ਆਰ. ਸਤੀਸ਼ ਕੁਮਾਰ ਅਤੇ ਜਤਿਨ ਰਾਹੀਂ ਦਾਇਰ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸੰਵਿਧਾਨ ਦੀ ਦਸਵੀਂ ਅਨੁਸੂਚੀ ਤਹਿਤ ਹੋਣ ਵਾਲੀ ਅਯੋਗਤਾ ਦੀ ਕਾਰਵਾਈ ਤੋਂ ਬਚਣ ਲਈ ਸੰਸਦ ਮੈਂਬਰਾਂ ਅਤੇ ਸੂਬਾਈ ਵਿਧਾਨ ਸਭਾਵਾਂ ਦੇ ਮੈਂਬਰਾਂ ਵੱਲੋਂ ਦਿੱਤੇ ਜਾਂਦੇ ‘ਰਣਨੀਤਕ ਅਸਤੀਫ਼ਿਆਂ’ ਦੀ ਦੁਰਵਰਤੋਂ ਰੋਕਣ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ। ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਅਸਤੀਫ਼ਿਆਂ ਅਤੇ ਅਯੋਗਤਾ ਸਬੰਧੀ ਕਾਰਵਾਈਆਂ ਬਾਰੇ ਫ਼ੈਸਲੇ ਸਮਾਂਬੱਧ, ਤਰਕਸੰਗਤ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਸਪੀਕਰਾਂ ਵੱਲੋਂ ਅਜਿਹੇ ਮਾਮਲਿਆਂ ਵਿੱਚ ਫ਼ੈਸਲੇ ਲੈਣ ਦੀ ਮੌਜੂਦਾ ਵਿਵਸਥਾ ਦੀ ਸੰਸਥਾਗਤ ਪੱਧਰ ’ਤੇ ਸਮੀਖਿਆ ਕਰਨ ਦੀ ਮੰਗ ਵੀ ਕੀਤੀ ਗਈ ਹੈ। ਬਹੁਮਤ ਸਾਬਤ ਕਰਨ ਲਈ ਸਦਨ ਦੇ ਅੰਦਰ ਹੀ ਹੋਵੇ ਫਲੋਰ ਟੈਸਟ ਪਟੀਸ਼ਨ ਵਿੱਚ ਇਹ ਸਪੱਸ਼ਟ ਕਰਨ ਦੀ ਵੀ ਮੰਗ ਕੀਤੀ ਗਈ ਹੈ ਕਿ ਜਦੋਂ ਕਿਸੇ ਵਿਧਾਨ ਸਭਾ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਤਾਂ ਸਰਕਾਰ ਬਣਾਉਣ ਲਈ ਬਹੁਮਤ ਦੀ ਪਰਖ ਸਿਰਫ਼ ਵਿਧੀਪੂਰਵਕ ਗਠਿਤ ਸਦਨ ਦੇ ਅੰਦਰ ਹੀ ਹੋਣੀ ਚਾਹੀਦੀ ਹੈ। ਇਸ ਲਈ ਸੰਵਿਧਾਨ ਦੀ ਧਾਰਾ 188 ਤਹਿਤ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਸਦਨ ਵਿੱਚ ਬਹੁਮਤ ਸਾਬਤ ਕਰਨ ਦੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਸਦ ਜਾਂ ਵਿਧਾਨ ਸਭਾ ਤੋਂ ਬਾਹਰ ਸਮਰਥਨ ਪੱਤਰਾਂ ਜਾਂ ਤਾਕਤ ਦੇ ਪ੍ਰਦਰਸ਼ਨ ਰਾਹੀਂ ਬਹੁਮਤ ਸਾਬਤ ਕਰਨ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ।
  LATEST UPDATES